ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਲੇਬਰ ਚੌਂਕ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਡਿਲੀਵਰੀ ਬੋਏ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜੋ ਹਰਸ਼ਾ ਛੀਨਾ ਪਿੰਡ ਦਾ ਵਸਨੀਕ ਸੀ ਅਤੇ ਅੰਮ੍ਰਿਤਸਰ ਵਿੱਚ ਡਿਲੀਵਰੀ ਦਾ ਕੰਮ ਕਰਦਾ ਸੀ।
ਜਾਣਕਾਰੀ ਮੁਤਾਬਕ, ਕੁਲਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਮੋਟਰਸਾਈਕਲ ‘ਤੇ ਕੰਮ ਲਈ ਸ਼ਹਿਰ ਵੱਲ ਆ ਰਿਹਾ ਸੀ। ਜਦੋਂ ਉਹ ਲੇਬਰ ਚੌਂਕ ਨੇੜੇ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸਦੀ ਬਾਈਕ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਖ਼ਤਰਨਾਕ ਸੀ ਕਿ ਕੁਲਬੀਰ ਗੰਭੀਰ ਜ਼ਖ਼ਮੀ ਹੋ ਗਿਆ।
ਰਾਹਗੀਰਾਂ ਨੇ ਤੁਰੰਤ ਉਸਨੂੰ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਸ ਖ਼ਬਰ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਮੌਕੇ ‘ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਲਾਪਰਵਾਹ ਡਰਾਈਵਰ ਕਾਰਨ ਉਨ੍ਹਾਂ ਦਾ ਇਕਲੌਤਾ ਕਮਾਉਣ ਵਾਲਾ ਖੋ ਗਿਆ।
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਪਰ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।


