ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਬਾ ਦੀ ਨਵੀਂ ਜ਼ਿਲ੍ਹਾ ਜੇਲ ਵਿੱਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮਿਲਣ ਲਈ ਸੁਖਬੀਰ ਸਿੰਘ ਬਾਦਲ ਜੇਲ ਪਹੁੰਚੇ। ਲਗਭਗ ਅੱਧਾ ਘੰਟਾ ਚੱਲੀ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਮਜੀਠੀਆ ਪੂਰੀ ਤਰ੍ਹਾਂ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਕੀਤੇ ਗਏ ਝੂਠੇ ਪਰਚੇ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਰੱਦ ਕੀਤੇ ਜਾਣਗੇ।
ਪਾਣੀ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਦੀ ਕਠਪੁਤਲੀ ਦੱਸਿਆ। ਇਸ ਤੋਂ ਇਲਾਵਾ, ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਪਿਛਲੇ 20 ਦਿਨਾਂ ਵਿੱਚ 25 ਤੋਂ 30 ਕਤਲ ਹੋ ਚੁੱਕੇ ਹਨ ਅਤੇ ਗੈਂਗਸਟਰਾਂ ਵੱਲੋਂ ਫਰੋਤੀਆਂ ਮੰਗੀਆਂ ਜਾ ਰਹੀਆਂ ਹਨ।


