ਮਾਛੀਵਾੜਾ ਸਾਹਿਬ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ। ਡੀਐਸਪੀ ਸਮਰਾਲਾ ਤਰਲੋਚਨ ਸਿੰਘ ਦੀ ਅਗਵਾਈ ਹੇਠ, ਐਸਐਸਪੀ ਖੰਨਾ ਡਾ. ਦਰਪਨ ਆਹਲੂਵਾਲੀਆ ਦੇ ਨਿਰਦੇਸ਼ਾਂ ਅਨੁਸਾਰ, ਪੁਲਿਸ ਟੀਮਾਂ ਨੇ ਇੱਕ ਮੈਡੀਕਲ ਸਟੋਰ ’ਤੇ ਛਾਪੇਮਾਰੀ ਕੀਤੀ।
ਛਾਪੇ ਦੌਰਾਨ ਮੈਡੀਕਲ ਸਟੋਰ ਤੋਂ 2,695 ਪਾਬੰਦੀਸ਼ੁਦਾ ਕੈਪਸੂਲ ਅਤੇ 1,000 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਕਾਰਵਾਈ ਵਿੱਚ ਸੀਏ ਸਟਾਫ ਖੰਨਾ ਦੇ ਇੰਚਾਰਜ ਇੰਸਪੈਕਟਰ ਆਕਾਸ਼ ਦੱਤ, ਐਸਐਚਓ ਸਮਰਾਲਾ ਇੰਸਪੈਕਟਰ ਹਰਵਿੰਦਰ ਸਿੰਘ ਅਤੇ ਡਰੱਗ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਸਨ।
ਪੁਲਿਸ ਨੇ ਮੈਡੀਕਲ ਸਟੋਰ ਦੇ ਮਾਲਕ ਸੁਖਦੇਵ ਸਿੰਘ ਵਾਸੀ ਮਿੱਠੇਵਾਲ ਅਤੇ ਸਟੋਰ ’ਚ ਕੰਮ ਕਰਦੇ ਇੱਕ ਕਰਮਚਾਰੀ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਮਰਾਲਾ ਨੇ ਦੱਸਿਆ ਕਿ ਕੱਲ੍ਹ ਇਸੇ ਮਾਮਲੇ ਨਾਲ ਜੁੜੇ ਇੱਕ ਵਿਅਕਤੀ ਕੋਲੋਂ 2,000 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਸਨ, ਜਿਸ ਦੀ ਜਾਂਚ ਦੌਰਾਨ ਮਾਛੀਵਾੜਾ ਦੇ ਇਸ ਮੈਡੀਕਲ ਸਟੋਰ ਦਾ ਨਾਮ ਸਾਹਮਣੇ ਆਇਆ।
ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮਾਮਲੇ ਆਪਸ ਵਿੱਚ ਜੁੜੇ ਹੋਏ ਹਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਹੋਰ ਜਾਂਚ ਜਾਰੀ ਹੈ।


